ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਮੁੱਖਵਾਕ 02-Apr-2025

ਜੈਤਸਰੀ ਮਹਲਾ ੫
ਵਾਰ ਸਲੋਕਾ ਨਾਲਿ
ੴ ਸਤਿਗੁਰ ਪ੍ਰਸਾਦਿ ॥
ਸਲੋਕ ॥
ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥
ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥

ਪਉੜੀ ॥
ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥

ਵਿਆਖਿਆ :
ਸੰਤ ਜਨ ਉਸ ਸਰਬ ਵਿਆਪਕ ਪਰਮੇਸ਼ਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ ।੧।
ਉਸ ਸਦਾ ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ ਹਰ ਥਾਂ ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜੋ ਸਭ ਥਾਈਂ ਮੌਜੂਦ ਹੈ ।੨

Leave a Reply

Your email address will not be published.